70 ਸਾਲਾਂ ਤੋਂ ਸੱਤਾਧਾਰੀ ਪਾਰਟੀਆਂ ਦੇ ਆਗੂ ਮਗਰਮੱਛ ਦੇ ਹੰਝੂ ਨਾ ਵਹਾਉਣ ਅਤੇ ਕੁਦਰਤੀ ਆਫਤਾਂ ‘ਤੇ ਸਿਆਸਤ ਨਾ ਕਰਨ: ਚੇਤਨ ਸਿੰਘ ਜੌੜਾਮਾਜਰਾ


ਸਮਾਣਾ/ਪਟਿਆਲਾ, 14 ਜੁਲਾਈ, 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਵਿੱਚ 70 ਸਾਲਾਂ ਤੋਂ ਰਾਜ ਕਰ ਰਹੀਆਂ ਪਾਰਟੀਆਂ ਦੇ ਆਗੂਆਂ ਨੂੰ ਕੁਦਰਤੀ ਆਫਤਾਂ ਦਾ ਸਿਆਸੀਕਰਨ ਨਾ ਕਰਨ ਦੀ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਘੱਗਰ ਤੋਂ ਪ੍ਰਭਾਵਿਤ ਪਿੰਡਾਂ ਦੀ ਸੰਭਾਲ ਨਹੀਂ ਕੀਤੀ, ਜਿਸ ਕਾਰਨ ਭਾਰੀ ਬਰਸਾਤ ਕਾਰਨ ਉੱਚੇ ਘੱਗਰ ਦੇ ਪਾਣੀ ਨੇ ਇਨ੍ਹਾਂ ਪਿੰਡਾਂ ਦਾ ਭਾਰੀ ਨੁਕਸਾਨ ਕੀਤਾ ਹੈ, ਪਰ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ | ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਹੜ੍ਹ ਪੀੜਤਾਂ ਦੀ ਬਾਂਹ ਫੜੀ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਮਾਣਾ ਖੇਤਰ ਦੇ ਇਸ ਨੀਵੇਂ ਇਲਾਕੇ ਨੂੰ ਹੜ੍ਹਾਂ ਤੋਂ ਬਚਾਉਣ ਲਈ ਅਗੇਤੇ ਪ੍ਰਬੰਧਾਂ ਤਹਿਤ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਲਈ 40 ਲੱਖ ਰੁਪਏ ਤੋਂ ਵੱਧ ਖਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੈ ਕਿ ਸ.ਭਗਵੰਤ ਮਾਨ ਦੀ ਅਗਵਾਈ ਵਿਚ ਸਮੁੱਚਾ ਮੰਤਰਾਲਾ ਅਤੇ ਵਿਧਾਇਕ ਲੋਕਾਂ ਵਿਚ ਦਖਲ ਦੇ ਕੇ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕਰ ਰਹੇ ਹਨ।

ਭਾਜਪਾ ਆਗੂ ਬੀਬੀ ਜੈਇੰਦਰ ਕੌਰ ਨੂੰ ਘੇਰਦਿਆਂ ਜੌੜਾਮਾਜਰਾ ਨੇ ਸਵਾਲ ਕੀਤਾ ਕਿ ਬੀਬੀ ਜਿੰਦਰ ਕੌਰ ਅੱਜ ਕਿੱਥੇ ਹੈ, ਉਨ੍ਹਾਂ ਨੂੰ ਅੱਜ ਵੀ ਲੋਕਾਂ ਦੀ ਸਾਰ ਲੈਣੀ ਚਾਹੀਦੀ ਸੀ। ਪਿੰਡਾਂ ‘ਚੋਂ ਅਜੇ ਤੱਕ ਪਾਣੀ ਨਹੀਂ ਨਿਕਲਿਆ ਅਤੇ ਲੋਕਾਂ ਨੂੰ ਵੀ ਮਦਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਬੀਬੀ ਜੈਇੰਦਰ ਕੌਰ ਸਿਰਫ ਰਾਜਨੀਤੀ ਕਰਨ ਲਈ ਆਏ ਸਨ ਪਰ ਅੱਜ ਔਖੇ ਸਮੇਂ ਵਿੱਚ ਲੋਕਾਂ ਦਾ ਹੱਥ ਫੜਨ ਦਾ ਸਮਾਂ ਹੈ ਨਾ ਕਿ ਰਾਜਨੀਤੀ ਚਮਕਾਉਣ ਦਾ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਕੁਦਰਤੀ ਆਫਤਾਂ ‘ਤੇ ਮਗਰਮੱਛ ਦੇ ਹੰਝੂ ਨਹੀਂ ਵਹਾਉਣੇ ਚਾਹੀਦੇ, ਸਗੋਂ ਕੁਝ ਕਰਕੇ ਦਿਖਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ ਵਾਂਗ ਹੈਲੀਕਾਪਟਰਾਂ ਵਿੱਚ ਨਹੀਂ ਸਗੋਂ ਖੁਦ ਨੰਗੇ ਪੈਰੀਂ ਪਾਣੀ ਵਿੱਚ ਵੜ ਕੇ ਲੋਕਾਂ ਦੀ ਸਾਰ ਲਈ ਹੈ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਖੁਦ ਹੜ੍ਹ ਪ੍ਰਭਾਵਿਤ ਪਿੰਡਾਂ ਸੱਸਾ ਗੁੱਜਰਾਂ, ਧਰਮਹੇੜੀ, ਘਿਉਰਾ, ਧਨੋਰੀ, ਸੱਸੀ, ਸੱਸਾ ਥੇਹ, ਹਰੀਪੁਰ ਆਦਿ ਦੇ ਵਾਸੀਆਂ ਨੂੰ ਪੀਣ ਵਾਲਾ ਪਾਣੀ, ਰਾਸ਼ਨ, ਹੋਰ ਘਰੇਲੂ ਸਮਾਨ, ਦਵਾਈਆਂ, ਪਸ਼ੂਆਂ ਲਈ ਚਾਰਾ ਆਦਿ ਪਹੁੰਚਾਇਆ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਜੋੜਾਮਾਜਰਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਸੋਮਵਾਰ ਤੋਂ ਲਗਾਤਾਰ ਹੜ੍ਹ ਪ੍ਰਭਾਵਿਤ ਪਿੰਡਾਂ ਨਾਲ ਸੰਪਰਕ ਕਰ ਰਹੀ ਹੈ ਅਤੇ ਲੋਕਾਂ ਦਾ ਜਾਇਜ਼ਾ ਲੈ ਰਹੀ ਹੈ ਤਾਂ ਜੋ ਲੋਕਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ।

ਲੋਕ ਸੰਪਰਕ ਮੰਤਰੀ ਜੌੜਾ ਮਾਜਰਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਸੂਬਾ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ਦੇ ਲੋਕ ਸਬ ਡਵੀਜ਼ਨ ਸਮਾਣਾ ਦੇ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 01764-221190 ‘ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਮੌਕੇ ਹਰਮਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫੌਜੀ, ਅਮਰਦੀਪ ਸਿੰਘ ਸੋਨੂੰ ਥਿੰਦ, ਐਸਡੀਐਮ ਚਰਨਜੀਤ ਸਿੰਘ, ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ ਅਤੇ ਅਜੈਬ ਸਿੰਘ ਹਾਜ਼ਰ ਸਨ।

ਮੋਗਾ ਸਮੇਤ ਵੱਖ-ਵੱਖ ਥਾਵਾਂ ਤੋਂ ਲੋਕਾਂ ਦੀ ਮਦਦ ਲਈ ਰਾਸ਼ਨ ਅਤੇ ਜ਼ਰੂਰੀ ਵਸਤਾਂ ਦੀਆਂ ਟਰਾਲੀਆਂ ਲੈ ਕੇ ਪਹੁੰਚੇ ਲੋਕਾਂ ਨੇ ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕੀਤੀ | ਉਨ੍ਹਾਂ ਦਾਨੀ ਸੱਜਣਾਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਲੋਕਾਂ ਨੂੰ ਵੀ ਇਸ ਔਖੀ ਘੜੀ ਵਿੱਚ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ।Source link

Leave a Comment